ਸਮਾਜ ਦੇ ਹਰੇਕ ਵਰਗ ਦਾ ਸਰਬਪੱਖੀ ਵਿਕਾਸ ਯਕੀਨੀ ਬਣਾਉਣ ਲਈ ਵਚਨਬੱਧ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਨੇ ਸੂਬੇ ਦੇ ਕਾਰੋਬਾਰੀ ਭਾਈਚਾਰੇ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਆਪਣੀ ਕਿਸਮ ਦੀ ਪਹਿਲੀ ‘ਸਰਕਾਰ-ਵਪਾਰ ਮਿਲਣੀ’ ਦੀ ਸ਼ੁਰੂਆਤ ਕੀਤੀ।
ਆਪਣੀ ਕਿਸਮ ਦੀ ਪਲੇਠੀ ਪਹਿਲਕਦਮੀ
ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਪਣੀ ਕਿਸਮ ਦੀ ਇਸ ਪਲੇਠੀ ਪਹਿਲਕਦਮੀ ਦਾ ਮੰਤਵ ਵਪਾਰੀ ਭਾਈਚਾਰੇ ਦੀ ਭਲਾਈ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਆਰਥਿਕ ਵਿਕਾਸ ਨੂੰ ਹੁਲਾਰਾ ਦੇ ਕੇ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਵੱਲ ਇਹ ਇੱਕ ਅਹਿਮ ਕਦਮ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਦਯੋਗ ਅਤੇ ਵਪਾਰ ਹਰ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ, ਜਿਸ ਕਾਰਨ ਇਨ੍ਹਾਂ ਨੂੰ ਜ਼ਰੂਰ ਹੁਲਾਰਾ ਦੇਣਾ ਚਾਹੀਦਾ ਹੈ।
ਸੂਬੇ ਵਿੱਚ 70,000 ਕਰੋੜ ਰੁਪਏ ਦਾ ਨਿਵੇਸ਼
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਮਾਲੀਆ ਅਤੇ ਰੁਜ਼ਗਾਰ ਸਿਰਜਣ ਇੱਕ ਅਜਿਹਾ ਚੱਕਰ ਹੈ, ਜੋ ਸੂਬੇ ਦੇ ਵਿਕਾਸ ਲਈ ਮਹੱਤਵਪੂਰਨ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਮੁੰਬਈ, ਚੇਨਈ ਅਤੇ ਕਈ ਹੋਰ ਵੱਡੇ ਸ਼ਹਿਰਾਂ ਦਾ ਦੌਰਾ ਕਰਕੇ ਸਨਅਤਕਾਰਾਂ ਨੂੰ ਆਪਣੇ ਉੱਦਮ ਸਥਾਪਤ ਕਰਨ ਲਈ ਸੱਦਾ ਦਿੱਤਾ ਹੈ ਅਤੇ ਹੁਣ ਤੱਕ ਟਾਟਾ ਸਟੀਲ, ਸਨਾਤਨ ਟੈਕਸਟਾਈਲ ਅਤੇ ਹੋਰ ਪ੍ਰਮੁੱਖ ਕੰਪਨੀਆਂ ਨੇ ਸੂਬੇ ਵਿੱਚ 70,000 ਕਰੋੜ ਰੁਪਏ ਦਾ ਨਿਵੇਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਸੂਬਾ ਸਰਕਾਰ ਸਥਾਨਕ ਉਦਯੋਗਾਂ ਦੇ ਹਿੱਤਾਂ ਦੀ ਰਾਖੀ ਲਈ ਵੀ ਵਚਨਬੱਧ ਹੈ ਅਤੇ ਉਹ ਪੰਜਾਬ ਦੇ ਅਸਲ ਬ੍ਰਾਂਡ ਅੰਬੈਸਡਰ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਇਹ ਕੰਪਨੀਆਂ ਪੰਜਾਬ ਵਿੱਚ ਆਪਣੇ ਕਾਰੋਬਾਰ ਦਾ ਵਿਸਥਾਰ ਕਰਨ।
ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ਸਭ ਤੋਂ ਵਧੀਆ
ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਭਰ ਵਿੱਚੋਂ ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ਸਭ ਤੋਂ ਵਧੀਆ ਹੈ, ਜਿਸ ਕਾਰਨ ਉਦਯੋਗ ਵੱਡੀ ਪੱਧਰ ‘ਤੇ ਪੰਜਾਬ ਆ ਰਹੇ ਹਨ। ਮੁੱਖ ਮੰਤਰੀ ਨੇ ਵਪਾਰੀਆਂ ਨੂੰ ਸੂਬੇ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਤਨ-ਮਨ ਨਾਲ ਕੰਮ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਵਪਾਰੀਆਂ ਅਤੇ ਸਨਅਤਕਾਰਾਂ ਨੂੰ ਸੂਬੇ ਦੀ ਆਰਥਿਕ ਖ਼ੁਸ਼ਹਾਲੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਲਈ ਚੱਲ ਰਹੀ ਕ੍ਰਾਂਤੀ ਵਿੱਚ ਹਿੱਸੇਦਾਰ ਬਣਨ ਦਾ ਸੱਦਾ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਫੋਕਲ ਪੁਆਇੰਟਾਂ ਅਤੇ ਵਿਸ਼ੇਸ਼ ਆਰਥਿਕ ਖਿੱਤਿਆਂ (ਐੱਸ.ਈ.ਜ਼ੈੱਡਜ਼) ਵਿੱਚ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਦੇ ਨਾਲ-ਨਾਲ ਸਨਅਤੀ ਖੇਤਰਾਂ ਵਿੱਚ ਵਿਸ਼ੇਸ਼ ਪੁਲਿਸ ਚੌਕੀਆਂ ਸਥਾਪਤ ਕਰਕੇ ਸੁਰੱਖਿਆ ਯਕੀਨੀ ਬਣਾਉਣ ਦਾ ਖ਼ਾਕਾ ਤਿਆਰ ਕਰ ਲਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਮੌਜੂਦਾ ਉਦਯੋਗਿਕ ਇਕਾਈਆਂ ਦੀ ਸੁਰੱਖਿਆ ਅਤੇ ਵਿਸਤਾਰ ਲਈ ਠੋਸ ਉਪਰਾਲੇ ਕਰੇਗੀ। ਉਨ੍ਹਾਂ ਕਿਹਾ ਕਿ ਸਨਅਤਕਾਰਾਂ ਨੇ ਦੇਸ਼ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਉਦਯੋਗਾਂ ਨੇ ਵਿਸ਼ਵ ਭਰ ਵਿੱਚ ਆਪਣੇ ਲਈ ਅਹਿਮ ਮੁਕਾਮ ਬਣਾਇਆ ਹੈ ਅਤੇ ਸੂਬਾ ਸਰਕਾਰ ਇਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰੇਗੀ।
ਉਦਯੋਗਿਕ ਕ੍ਰਾਂਤੀ ਦੇ ਨਵੇਂ ਯੁੱਗ ਦੀ ਸ਼ੁਰੂਆਤ
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਵੱਖ-ਵੱਖ ਰੰਗਾਂ ਵਾਲੇ ਸਟੈਂਪ ਪੇਪਰ ਲਿਆਂਦੇ ਹਨ, ਜੋ ਸੂਬੇ ਵਿੱਚ ਉਦਯੋਗਿਕ ਕ੍ਰਾਂਤੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਵੱਲ ਇੱਕ ਕਦਮ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਅਜਿਹਾ ਪਹਿਲਾ ਸੂਬਾ ਹੈ, ਜਿਸ ਨੇ ਉੱਦਮੀਆਂ ਨੂੰ ਆਪਣੇ ਯੂਨਿਟ ਸਥਾਪਤ ਕਰਨ ਲਈ ਹਰੇ ਰੰਗ ਦੇ ਸਟੈਂਪ ਪੇਪਰ ਜਾਰੀ ਕੀਤੇ ਹਨ, ਜਿਸ ਨਾਲ ਸੂਬੇ ਦੇ ਸਨਅਤੀ ਵਿਕਾਸ ਨੂੰ ਲੋੜੀਂਦਾ ਹੁਲਾਰਾ ਮਿਲੇਗਾ। ਉਨ੍ਹਾਂ ਨੇ ਇਸ ਨੂੰ ਕ੍ਰਾਂਤੀਕਾਰੀ ਕਦਮ ਦੱਸਿਆ, ਜਿਸ ਦਾ ਉਦੇਸ਼ ਸੂਬੇ ਵਿੱਚ ਆਪਣੀਆਂ ਇਕਾਈਆਂ ਸਥਾਪਤ ਕਰਨ ਦੇ ਚਾਹਵਾਨ ਉੱਦਮੀਆਂ ਲਈ ਕਾਰੋਬਾਰ ਕਰਨ ਵਿੱਚ ਸੌਖ ਯਕੀਨੀ ਬਣਾਉਣਾ ਹੈ।
ਜਲਦ ਹੀ ਉਦਯੋਗ ਸਲਾਹਕਾਰ ਕਮਿਸ਼ਨ ਦੀ ਕੀਤੀ ਜਾਵੇਗੀ ਸਥਾਪਨਾ
ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਸੂਬਾ ਸਰਕਾਰ ਵੱਲੋਂ ਜਲਦ ਹੀ ਕੈਬਨਿਟ ਰੈਂਕ ਦੇ ਚੇਅਰਮੈਨ ਅਧੀਨ ਉਦਯੋਗ ਸਲਾਹਕਾਰ ਕਮਿਸ਼ਨ ਦੀ ਸਥਾਪਨਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਕਮਿਸ਼ਨ ਵਿੱਚ ਵੱਖ-ਵੱਖ ਸੈਕਟਰਾਂ ਅਤੇ ਉਦਯੋਗਾਂ ਦੇ ਮੈਂਬਰ ਹੋਣਗੇ ਤਾਂ ਜੋ ਉਦਯੋਗਾਂ ਸੰਬੰਧੀ ਸਮੱਸਿਆਵਾਂ ਨੂੰ ਜਲਦ ਤੋਂ ਜਲਦ ਹੱਲ ਕੀਤਾ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਉਦਯੋਗਾਂ ਅਤੇ ਵਪਾਰੀਆਂ ਦੀਆਂ ਸਾਰੀਆਂ ਸ਼ਿਕਾਇਤਾਂ ਦਾ ਸੁਚਾਰੂ ਨਿਪਟਾਰਾ ਯਕੀਨੀ ਬਣਾਉਣ ਵਿੱਚ ਕਾਫ਼ੀ ਮਦਦ ਮਿਲੇਗੀ। ਪੰਜਾਬ ਸਰਕਾਰ ਵੱਲੋਂ ਈ-ਮੇਲ punjabconsultation@gmail.com ਅਤੇ ਹੈਲਪਲਾਈਨ ਨੰਬਰ 8194891948 ਜਾਰੀ ਕੀਤਾ ਗਿਆ ਹੈ, ਜਿਸ ਦੀ ਮਦਦ ਨਾਲ ਵਪਾਰੀ ਆਪਣੇ ਮਸਲੇ ਰੱਖ ਸਕਦੇ ਹਨ।