ਹੁਣ ਤੱਕ ਦੇ ਸਭ ਤੋਂ ਵੱਡੇ ਨਿਯੁਕਤੀ ਪੱਤਰ ਵੰਡ ਸਮਾਰੋਹ ਦੌਰਾਨ ਮੁੱਖ ਮੰਤਰੀ ਨੇ 2487 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੁਣ ਤੱਕ ਦੇ ਸਭ ਤੋਂ ਵੱਡੇ ‘ਨਿਯੁਕਤੀ ਪੱਤਰ ਵੰਡ ਸਮਾਰੋਹ’ ਦੌਰਾਨ 2487 ਨੌਜਵਾਨਾਂ ਨੂੰ ਸਰਕਾਰੀ ਨੌਕਰੀ ਲਈ ਨਿਯੁਕਤੀ ਪੱਤਰ ਸੌਂਪੇ ਜਿਸ ਨਾਲ ਪਿਛਲੇ ਦੋ ਸਾਲਾਂ ਵਿੱਚ ਲਗਭਗ 43000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ।

ਸੰਗਰੂਰ ਵਿਖੇ ਹੋਇਆ ਸਮਾਗਮ

ਸੰਗਰੂਰ ਵਿੱਚ ਲੱਡਾ ਕੋਠੀ ਵਿਖੇ 2487 ਨੌਜਵਾਨਾਂ ਨੂੰ ਨੌਕਰੀ ਪੱਤਰ ਸੌਂਪਣ ਲਈ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਵਿੱਚੋਂ 1750 ਨੌਜਵਾਨਾਂ ਨੂੰ ਗ੍ਰਹਿ ਵਿਭਾਗ, 205 ਨੂੰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ, 39 ਨੂੰ ਮਾਲ ਵਿਭਾਗ, 60 ਨੂੰ ਆਬਕਾਰੀ ਵਿਭਾਗ, 421 ਨੂੰ ਸਥਾਨਕ ਸਰਕਾਰਾਂ ਵਿਭਾਗ, ਚਾਰ ਨੌਜਵਾਨਾਂ ਨੂੰ ਸਹਿਕਾਰਤਾ ਵਿਭਾਗ ਵਿੱਚ ਅਤੇ ਅੱਠ ਨੌਜਵਾਨਾਂ ਨੂੰ ਤਕਨੀਕੀ ਸਿੱਖਿਆ ਵਿਭਾਗ ਵਿੱਚ ਭਰਤੀ ਕੀਤਾ ਗਿਆ ਹੈ।

ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਕੀਤਾ ਸੰਬੋਧਨ

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਨੌਕਰੀ ਦਾ ਮਤਲਬ ਪੂਰੇ ਪਰਿਵਾਰ ਦੇ ਜੀਵਨ ਜਿਉਣ ਦੇ ਸਲੀਕੇ ਵਿੱਚ ਗੁਣਾਤਮਕ ਤਬਦੀਲੀ ਆ ਜਾਂਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ‘ਮਿਸ਼ਨ ਰੁਜ਼ਗਾਰ’ ਨਾਲ ਨੌਜਵਾਨਾਂ ਦੇ ਮਨਾਂ ਵਿੱਚ ਪੈਦਾ ਹੋਈ ਨਕਾਰਾਤਮਕ ਭਾਵਨਾ ਦੂਰ ਕਰਨ ਵਿੱਚ ਮਦਦ ਮਿਲੀ ਹੈ ਜਿਸ ਕਾਰਨ ਉਨ੍ਹਾਂ ਨੇ ਹੁਣ ਵਿਦੇਸ਼ ਜਾਣ ਦਾ ਵਿਚਾਰ ਤਿਆਗ ਦਿੱਤਾ ਹੈ ਅਤੇ ਉਲਟਾ ਵਿਦੇਸ਼ ਗਏ ਪੰਜਾਬ ਦੇ ਨੌਜਵਾਨਾਂ ਵਿੱਚ ‘ਵਤਨ ਵਾਪਸੀ’ ਦਾ ਦੌਰ ਸ਼ੁਰੂ ਹੋ ਗਿਆ ਹੈ।

ਯੋਗਤਾ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵਿਭਾਗਾਂ ਵਿੱਚ ਖਾਲੀ ਹੁੰਦੇ ਸਾਰ ਹੀ ਸਾਰੀਆਂ ਅਸਾਮੀਆਂ ਭਰ ਦਿੰਦੀ ਹੈ ਤਾਂ ਕਿ ਨੌਜਵਾਨਾਂ ਨੂੰ ਰੁਜ਼ਗਾਰ ਹਾਸਲ ਹੋ ਸਕੇ। ਉਨ੍ਹਾਂ ਕਿਹਾ ਕਿ ਪੂਰੀ ਭਰਤੀ ਪ੍ਰਕਿਰਿਆ ਲਈ ਇੱਕ ਠੋਸ ਵਿਧੀ ਅਪਣਾਈ ਗਈ ਹੈ ਜਿਸ ਕਾਰਨ ਇਨ੍ਹਾਂ 43,000 ਦੇ ਕਰੀਬ ਨੌਕਰੀਆਂ ਵਿੱਚੋਂ ਇੱਕ ਵੀ ਨਿਯੁਕਤੀ ਨੂੰ ਹੁਣ ਤੱਕ ਕਿਸੇ ਵੀ ਅਦਾਲਤ ਵਿੱਚ ਚੁਣੌਤੀ ਦਾ ਸਾਹਮਣਾ ਨਹੀਂ ਕਰਨਾ ਪਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਲਈ ਇਹ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਨੌਜਵਾਨਾਂ ਨੂੰ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।

ਲਾਇਬ੍ਰੇਰੀਆਂ ਵਿੱਚ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਲੋੜੀਂਦੀਆਂ ਪੁਸਤਕਾਂ ਕਰਵਾਈਆਂ ਮੁਹੱਈਆ

ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਪੜ੍ਹਾਈ ਲਈ ਢੁਕਵਾਂ ਮੰਚ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਵੱਲੋਂ ਸੂਬਾ ਭਰ ਵਿੱਚ ਬਣਾਈਆਂ ਜਾ ਰਹੀਆਂ ਸਾਰੀਆਂ ਲਾਇਬ੍ਰੇਰੀਆਂ ਵਿੱਚ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਲੋੜੀਂਦੀਆਂ ਪੁਸਤਕਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਕਦਮ ਦਾ ਉਦੇਸ਼ ਨੌਜਵਾਨਾਂ ਨੂੰ ਗਿਆਨ ਅਤੇ ਸ਼ਕਤੀ ਨਾਲ ਲੈਸ ਕਰਨਾ ਹੈ ਤਾਂ ਜੋ ਉਹ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਸ਼ਾਮਲ ਹੋ ਕੇ ਸਾਨਦਾਰ ਪ੍ਰਦਰਸ਼ਨ ਕਰ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਤਾਂ ਕਿ ਨੌਜਵਾਨ ਉੱਚ ਅਹੁਦਿਆਂ ‘ਤੇ ਬੈਠ ਕੇ ਦੇਸ਼ ਦੀ ਤਨਦੇਹੀ ਨਾਲ ਸੇਵਾ ਕਰ ਸਕਣ।

ਸਖ਼ਤ ਮਿਹਨਤ ਹੈ ਸਫ਼ਲਤਾ ਦੀ ਕੁੰਜੀ

ਨੌਜਵਾਨਾਂ ਨੂੰ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਤੁਸੀਂ ਵੀ ਨਿਮਰਤਾ ਨਾਲ ਕੰਮ ਕਰੋ ਅਤੇ ਵੱਡੀ ਸਫਲਤਾ ਹਾਸਲ ਕਰਨ ਲਈ ਸਖ਼ਤ ਮਿਹਨਤ ਕਰੋ। ਸਵੈ-ਵਿਸ਼ਵਾਸ ਅਤੇ ਸਾਕਾਰਾਤਮਕ ਦ੍ਰਿਸ਼ਟੀਕੋਣ ਹਰ ਵਿਅਕਤੀ ਦੀ ਸ਼ਖ਼ਸੀਅਤ ਦੇ ਮੂਲ ਗੁਣ ਹੋਣੇ ਚਾਹੀਦੇ ਹਨ ਪਰ ਇਸ ਵਿੱਚ ਕਿਸੇ ਤਰ੍ਹਾਂ ਦਾ ਹੰਕਾਰ ਨਹੀਂ ਹੋਣਾ ਚਾਹੀਦਾ। ਹਰ ਖੇਤਰ ਵਿੱਚ ਸਫ਼ਲਤਾ ਦੀ ਕਹਾਣੀ ਲਿਖਣ ਲਈ ਇਹੀ ਕੁੰਜੀ ਹੈ ਅਤੇ ਇਸ ਨੂੰ ਸਹੀ ਮਾਅਨਿਆਂ ਵਿੱਚ ਲਾਗੂ ਕਰਨਾ ਚਾਹੀਦਾ ਹੈ।”

‘ਰੰਗਲਾ ਪੰਜਾਬ’ ਸਿਰਜਣ ਵਿੱਚ ਨੌਜਵਾਨਾਂ ਦੀ ਸ਼ਾਨਦਾਰ ਭੂਮਿਕਾ

ਸਰਕਾਰੀ ਨੌਕਰੀ ਹਾਸਲ ਕਰਨ ਵਾਲੇ ਨੌਜਵਾਨਾਂ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਾਰੇ ਨੌਜਵਾਨਾਂ ਲਈ ਮਾਣ ਵਾਲੀ ਗੱਲ ਹੈ, ਜੋ ਇਸ ਸਮਾਗਮ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਜਦੋਂ ਸੂਬੇ ਦਾ ਇਤਿਹਾਸ ਪੜ੍ਹਿਆ ਜਾਵੇਗਾ ਤਾਂ ‘ਰੰਗਲਾ ਪੰਜਾਬ’ ਸਿਰਜਣ ਵਿੱਚ ਇਨ੍ਹਾਂ ਨੌਜਵਾਨਾਂ ਦੀ ਸ਼ਾਨਦਾਰ ਭੂਮਿਕਾ ਨੂੰ ਸੁਨਹਿਰੀ ਅੱਖਰਾਂ ਵਿੱਚ ਲਿਖਿਆ ਜਾਵੇਗਾ। ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੌਜਵਾਨਾਂ ਨੂੰ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਕੋਈ ਕਸਰ ਬਾਕੀ ਨਹੀਂ ਛੱਡਣੀ ਚਾਹੀਦੀ।

Leave a Reply

Your email address will not be published. Required fields are marked *